Skip to content
The Believer's Library

Indian Revised Version (IRV) Punjabi - 2019

Isaiah 60 IRVPun

Side by side with the Father's Heart Bible™

ਯਰੂਸ਼ਲਮ ਦਾ ਸ਼ਾਨਦਾਰ ਭਵਿੱਖ

1ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ। 2ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ। 3ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।

4ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ। 5ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ। 6ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ। 7ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।

8ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ? 9ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।

10ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ। 11ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ। 12ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ। 13ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ। 14ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।

15ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ। 16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।

17ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ। 18ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ। 19ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ। 20ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ। 21ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ। 22ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]